ਪੰਜਾਬ ਕਾਂਗਰਸ ਵਿਚ ਫੇਰਬਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਪ੍ਰਧਾਨ ਬਣਾਇਆ ਗਿਆ ਹੈ ਤੇ ਰਾਜਾ ਵੜਿੰਗ ਨੂੰ ਹਟਾਇਆ ਗਿਆ ਹੈ। ਅਜਿਹਾ ਨੋਟੀਫਿਕੇਸ਼ਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਪਰ ਦੱਸ ਦੇਈਏ ਕਿ ਇਸ ਵਿਚ ਕੋਈ ਸੱਚਾਈ ਨਹੀਂ ਹੈ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਐਤਵਾਰ ਜਿਥੇ ਸੂਬੇ ਦੇ ਆਗੂਆਂ ਮੀਟਿੰਗ ਕੀਤੀ ਗਈ, ਇਸ ਦੌਰਾਨ ਹੀ ਇੱਕ ਪੱਤਰ ਵੀ ਵਾਇਰਲ ਹੋ ਗਿਆ ਕਿ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਇਆ ਗਿਆ। ਹਾਲਾਂਕਿ, ਇਸ ਪੱਤਰ ਬਾਰੇ ਪਤਾ ਲੱਗਣ ‘ਤੇ ਖੁਦ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਨੂੰ ਫਰਜ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨਕਲੀ ਹੈ ਤੇ ਕਾਂਗਰਸ ਹਾਈਕਮਾਨ ਨੇ ਅਜਿਹਾ ਕੋਈ ਪੱਤਰ ਜਾਰੀ ਨਹੀਂ ਕੀਤਾ ਹੈ।
ਰੰਧਾਵਾ ਨੇ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ
ਉਧਰ, ਹੁਣ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੂੰ ਇੱਕ ਲਿਖਤੀ ਸ਼ਿਕਾਇਤ ਭੇਜ ਕੇ ਉਨ੍ਹਾਂ ਦੇ ਨਾਮ ਨਾਲ ਜੁੜੀ ਇੱਕ ਕਥਿਤ ਜਾਅਲੀ ਚਿੱਠੀ ਦੇ ਮਾਮਲੇ ਵਿੱਚ ਤੁਰੰਤ FIR ਦਰਜ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਆਪਣੀ ਸ਼ਿਕਾਇਤ ਵਿੱਚ ਰੰਧਾਵਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਵਟਸਐਪ ਗਰੁੱਪਾਂ ਵਿੱਚ ਇੱਕ ਜਾਅਲੀ ਅਤੇ ਮਨਘੜਤ ਚਿੱਠੀ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿੱਚ ਇਹ ਝੂਠਾ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰੰਧਾਵਾ ਨੇ ਇਸ ਦਸਤਾਵੇਜ਼ ਨੂੰ ਪੂਰੀ ਤਰ੍ਹਾਂ ਫ਼ਰਜ਼ੀ, ਗੈਰ-ਅਧਿਕਾਰਤ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਤਿਆਰ ਕੀਤਾ ਗਿਆ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਬਾਰੇ ਸੋਸ਼ਲ ਮੀਡੀਆ ‘ਤੇ ਝੂਠੀ ਖ਼ਬਰ ਫੈਲਾਈ ਗਈ ਸੀ, ਜਿਸ ਵਿੱਚ ਉਨ੍ਹਾਂ ਦੀ ਮੌਤ ਦੀ ਗਲਤ ਜਾਣਕਾਰੀ ਪ੍ਰਸਾਰਿਤ ਕੀਤੀ ਗਈ ਸੀ। ਉਸ ਮਾਮਲੇ ਵਿੱਚ ਵੀ ਉਨ੍ਹਾਂ ਨੇ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਸਾਹਮਣੇ ਨਹੀਂ ਆਈ। ਰੰਧਾਵਾ ਦਾ ਕਹਿਣਾ ਹੈ ਕਿ ਪਹਿਲੇ ਮਾਮਲੇ ਵਿੱਚ ਕਾਰਵਾਈ ਨਾ ਹੋਣ ਕਾਰਨ ਅਜਿਹੇ ਤੱਤਾਂ ਦੇ ਹੌਸਲੇ ਵਧੇ ਹਨ ਅਤੇ ਹੁਣ ਉਹ ਨਵੇਂ ਤਰੀਕੇ ਨਾਲ ਗਲਤ ਜਾਣਕਾਰੀ ਫੈਲਾ ਰਹੇ ਹਨ।
ਪੁਲਿਸ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੀ ਕੀਤੀ ਮੰਗ
ਸੰਸਦ ਮੈਂਬਰ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਕਿਸੇ ਰਾਸ਼ਟਰੀ ਰਾਜਨੀਤਿਕ ਪਾਰਟੀ ਦੇ ਨਾਮ ‘ਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਫੈਲਾਉਣਾ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਗੁੰਮਰਾਹ ਕਰ ਸਕਦਾ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਹੈ ਕਿ ਜਾਅਲੀ ਚਿੱਠੀ ਤਿਆਰ ਕਰਨ ਅਤੇ ਫੈਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਤੁਰੰਤ FIR ਦਰਜ ਕੀਤੀ ਜਾਵੇ। ਨਾਲ ਹੀ ਇੱਕ ਵਿਸਤ੍ਰਿਤ ਸਾਈਬਰ ਅਤੇ ਤਕਨੀਕੀ ਜਾਂਚ ਕਰਕੇ ਇਸ ਦੇ ਅਸਲ ਸਰੋਤ, ਇਸ ਨੂੰ ਬਣਾਉਣ ਵਾਲੇ ਅਤੇ ਸੋਸ਼ਲ ਮੀਡੀਆ ‘ਤੇ ਇਸ ਨੂੰ ਫੈਲਾਉਣ ਵਾਲੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ
Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

