ਨਗਰਾਸੂ ਗੁਰਦੁਆਰੇ ਵਿਖੇ ਚੱਲ ਰਿਹਾ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ ‘ਤੇ ਵਿਸ਼ੇਸ਼ ਗੱਲਬਾਤ ਕੀਤੀ ਹੈ।
Nagrasu Gurudwara Dispute: ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਸਥਿਤ ਨਗਰਾਸੂ ਗੁਰਦੁਆਰੇ (Nagrasu Gurudwara) ਵਿਖੇ ਚੱਲ ਰਿਹਾ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ (CM Pushkar Singh Dhami) ਨਾਲ ਫ਼ੋਨ ‘ਤੇ ਵਿਸ਼ੇਸ਼ ਗੱਲਬਾਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉੱਥੇ ਮੌਜੂਦ ਨਿਹੰਗ ਸਿੰਘਾਂ ਦੀਆਂ ਮੰਗਾਂ ਨੂੰ ਸੁਣਨਾ ਅਤੇ ਮਸਲੇ ਨੂੰ ਹੱਲ ਕਰਨਾ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ।
ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦੇ ਰਸਤੇ ਖੁੱਲ੍ਹੇ ਰਹਿਣ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, “ਦੋਵਾਂ ਧਿਰਾਂ ਵਿਚਕਾਰ ਗੱਲਬਾਤ ਦੇ ਰਸਤੇ ਹਮੇਸ਼ਾ ਖੁੱਲ੍ਹੇ ਰਹਿਣੇ ਚਾਹੀਦੇ ਹਨ ਅਤੇ ਸਾਰਿਆਂ ਨੂੰ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਹੈ”। ਉਨ੍ਹਾਂ ਨੇ ਉੱਤਰਾਖੰਡ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਇਸ ਸਬੰਧੀ ਸਿੱਖ ਧਾਰਮਿਕ ਆਗੂਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ।
ਦੂਜੇ ਪਾਸੇ, ਉੱਤਰਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਦੇਵਭੂਮੀ ਉੱਤਰਾਖੰਡ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਬਿਨਾਂ ਕਿਸੇ ਭੇਦਭਾਵ ਦੇ ਕਾਨੂੰਨੀ ਕਾਰਵਾਈ ਕਰੇਗਾ।
ਕੀ ਹੈ ਪੂਰਾ ਮਾਮਲਾ?
ਇਹ ਵਿਵਾਦ 16 ਜੂਨ ਨੂੰ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ ਸ਼ੁਰੂ ਹੋਇਆ ਸੀ, ਜਿੱਥੇ ਹੇਮਕੁੰਟ ਸਾਹਿਬ ਦੀ ਯਾਤਰਾ (Hemkund Sahib Yatra) ਤੋਂ ਵਾਪਸ ਆ ਰਹੇ ਨਿਹੰਗ ਸ਼ਰਧਾਲੂਆਂ ਦੀ ਸਥਾਨਕ ਵਪਾਰੀਆਂ ਨਾਲ ਝੜਪ ਹੋ ਗਈ ਸੀ। ਇਸ ਲੜਾਈ ਵਿੱਚ ਤਲਵਾਰਾਂ ਚੱਲਣ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਦੋ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।
ਇਸ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 20 ਜੂਨ ਦੀ ਸ਼ਾਮ ਤੋਂ 7-8 ਨਿਹੰਗ ਸਿੰਘਾਂ ਨੇ ਰੁਦਰਪ੍ਰਯਾਗ ਦੇ ਨਗਰਾਸੂ ਗੁਰਦੁਆਰੇ ਵਿੱਚ ਡੇਰਾ ਲਾ ਲਿਆ। ਸ਼ੁਰੂਆਤ ਵਿੱਚ ਦੋ ਸੇਵਾਦਾਰਾਂ ਨੂੰ ਬੰਧਕ ਵੀ ਬਣਾਇਆ ਗਿਆ ਸੀ, ਜਿਨ੍ਹਾਂ ਨੂੰ 21 ਜੂਨ ਨੂੰ ਰਿਹਾਅ ਕਰ ਦਿੱਤਾ ਗਿਆ। ਹਾਲਾਂਕਿ, ਨਿਹੰਗ ਸਿੰਘ ਆਪਣੇ ਹਥਿਆਰਾਂ ਸਮੇਤ ਗੁਰਦੁਆਰੇ ਦੀ ਉੱਪਰਲੀ ਮੰਜ਼ਿਲ ‘ਤੇ ਮੌਜੂਦ ਹਨ ਅਤੇ ਆਪਣੇ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਦੇ ਨਾਲ-ਸਾਲ ਸਥਾਨਕ ਨਿਵਾਸੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।
Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

